ਨਵੇਂ ਸਾਲ ਮੌਕੇ ਵਿਸ਼ਵ ਪ੍ਰਸਿੱਧ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਸਵੇਰੇ ਡੇਰਾ ਸੱਚਖੰਡ ਬੱਲਾਂ ਵਿਖੇ ਆਮ ਸ਼ਰਧਾਲੂ ਵਜੋਂ ਨਤਮਸਤਕ ਹੋਏ। ਇਸ ਮੌਕੇ ਉਨਾਂ ਨਾਲ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਹੋਰ ਪ੍ਰਮੁੱਖ ਆਗੂ ਮੌਜ਼ੂਦ ਸਨ। ਡੇਰਾ ਸੱਚਖੰਡ ਬੱਲਾਂ ਪਹੁੰਚਣ ‘ਤੇ ਡੇਰੇ ਦੇ ਟਰੱਸਟੀ ਮੈਂਬਰਾਂ ਅਤੇ ਸੇਵਾਦਾਰਾਂ ਨੇ ਅਰਵਿੰਦ ਕੇਜਰੀਵਾਲ ਸਮੇਤ ਸਾਰੇ ‘ਆਪ’ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਅਰਵਿੰਦ ਕੇਜਰੀਵਾਲ ਲੰਘੀ 30 ਦਸੰਬਰ ਤੋਂ ਚੰਡੀਗੜ ਅਤੇ ਪੰਜਾਬ ਦੇ ਦੌਰੇ ‘ਤੇ ਆਏ ਹੋਏ ਹਨ ਅਤੇ ਨਵੇਂ ਸਾਲ ਦੇ ਸ਼ੁਭ ਦਿਹਾੜੇ ‘ਤੇ ਅੱਜ ਸਵੇਰੇ ਹੀ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋ ਕੇ ਉਨਾਂ ਸੂਬੇ ਦੀ ਖੁਸ਼ਹਾਲੀ, ਅਮਨ- ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਅਰਦਾਸ ਕੀਤੀ।
ਇਸ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਡੇਰੇ ਦੇ ਵਰਤਮਾਨ ਗੱਦੀ ਨਸ਼ੀਨ ਬਾਬਾ ਸੰਤ ਨਿਰੰਜਨ ਦਾਸ ਕੋਲੋਂ ਅਸ਼ੀਰਵਾਦ ਪ੍ਰਾਪਤ ਕੀਤਾ। ‘ਆਪ’ ਆਗੂ ਡੇਰੇ ‘ਚ ਸਥਿਤ ਸੰਤ ਸਰਵਨ ਦਾਸ ਦੀ ਪ੍ਰਤਿਮਾ ਨੂੰ ਵੀ ਨਤਮਸਤਕ ਹੋਏ। ਸੰਤ ਨਿਰੰਜਨ ਦਾਸ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੁਰੂ ਰਵਿਦਾਸ ਜੀ ਦੀ ਤਸਵੀਰ ਭੇਂਟ ਕੀਤੀ ਗਈ ਅਤੇ ਕੇਜਰੀਵਾਲ ਸਮੇਤ ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਅਤੇ ਬਾਕੀ ਪ੍ਰਮੁੱਖ ਆਗੂਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਅਰਵਿੰਦ ਕੇਜਰੀਵਾਲ ਨੇ ਆਪਣੀ ਸੰਖੇਪ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਧਿਆਤਮਿਕਤਾ ਦੇ ਨਾਲ- ਨਾਲ ਭਾਈਚਾਰਕ ਸਾਂਝੀਵਾਲਤਾ ਅਤੇ ਸਮਾਨਤਾ ਦੀ ਸਥਾਪਤੀ ਲਈ ਡੇਰਾ ਸੱਚਖੰਡ ਬੱਲਾਂ ਦਾ ਅਹਿਮ ਯੋਗਦਾਨ ਰਿਹਾ ਹੈ। ਇਸ ਲਈ ਉਹ ਆਪਣੇ ਪੰਜਾਬ ਦੌਰਿਆਂ ਦੌਰਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਜ਼ਰੂਰ ਆਉਂਦੇ ਹਨ। ਕੇਜਰੀਵਾਲ ਨੇ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਆ ਕੇ ਉਨਾਂ ਨੂੰ ਅਧਿਆਤਮਿਕ ਸ਼ਾਂਤੀ ਅਤੇ ਸਕਾਰਾਤਮਕ ਊਰਜਾ ਦਾ ਆਨੰਦਮਈ ਅਹਿਸਾਸ ਹੁੰਦਾ ਹੈ।
ਇਸ ਮੌਕੇ ਦਿੱਲੀ ਦੇ ਵਿਧਾਇਕ ਅਜੇ ਦੱਤ, ਬਲਕਾਰ ਸਿੰਘ ਅਤੇ ਹੋਰ ਆਗੂ ਮੌਜ਼ੂਦ ਸਨ।